ਜਲੰਧਰ ,9 ਅਗਸਤ (ਪੰਜਾਬੀ ਟਾਈਮਜ਼ ਬਿਊਰੋ ) : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਲਗਭੱਗ 2500 ਵਿਦਿਆਰਥੀ ਭਾਗ ਲੈਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੱਖ-ਵੱਖ ਸੰਸਥਾ ਦੇ ਵਿਦਿਆਰਥੀ ਇਸ ਸਮਾਗਮ ਵਿੱਚ ਪੀਟੀ ਸ਼ੋਅ, ਮਾਰਚ ਪਾਸਟ ਤੋਂ ਇਲਾਵਾ ਹੋਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ’ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਇਸ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਬਾਰੇ ਪਹਿਲਾਂ ਹੀ ਰਿਹਰਸਲ ਕੀਤੀ ਜਾ ਚੁੱਕੀ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਭਾਗ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਪ੍ਰਭਾਵਸ਼ਾਲੀ ਮਾਰਚ ਪਾਸਟ ਕਰੇਗਾ। ਇਸ ਸਮਾਗਮ ਵਿੱਚ ਪੈਰਾਮਿਲਟਰੀ ਫੋਰਸਿਸ, ਪੰਜਾਬ ਪੁਲੀਸ, ਹੋਮ ਗਾਰਡਜ਼, ਐਨਸੀਸੀ, ਸਕਾਊਟਸ-ਗਾਈਡਜ ਭਾਗ ਲੈਣਗੇ। ਸ਼੍ਰੀ ਸ਼ਰਮਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਜ਼ਾਦੀ ਦਿਵਸ ਦੇ ਮੌਕੇ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਪਾਤਕਾਲ ਵਿੱਚ ਇਸ ਸਮਾਗਮ ਵਿਚ ਭਾਗ ਲੈਣ ਵਾਲਿਆਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੁਲੀਸ ਵਿਭਾਗ ਵੀ ਇਸ ਸਮਾਗਮ ’ਤੇ ਸੁਰੱਖਿਆ ਪ੍ਰਦਾਨ ਕਰਨ ਲਈ ਪੈਣੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲੀਸ ਗੁਰਮੀਤ ਸਿੰਘ, ਉਪ-ਮੰਡਲ ਮੈਜਿਸਟਰੇਟ ਪਰਮਵੀਰ ਸਿੰਘ, ਵਧੀਕ ਮੁੱਖ ਪ੍ਰਸ਼ਾਸਕ ਜੇਡੀਏ ਦਰਬਾਰਾ ਸਿੰਘ, ਕਾਰਜਕਾਰੀ ਮੈਜਿਸਟਰੇਟ ਜੈ ਇੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਮਾਲ ਅਫ਼ਸਰ ਕੇਐਸ ਭੁੱਲਰ, ਅਦਿਤਿਯਾ ਗੁਪਤਾ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।