ਚੰਡੀਗੜ੍ਹ,12 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਕਸ਼ਮੀਰ ਦੇ ਹਾਲਾਤ ਦੇ ਮੱਦੇਨਜ਼ਰ ਈਦ-ਉਲ-ਜ਼ੁਹਾ ਮੌਕੇ ਆਪਣੇ ਮਾਪਿਆਂ ਕੋਲ ਨਾ ਜਾ ਸਕੇ ਕਸ਼ਮੀਰੀ ਵਿਦਿਆਰਥੀਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿੱਚ ਦੁਪਹਿਰ ਦੇ ਖਾਣੇ ’ਤੇ ਸੱਦਿਆ।
ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 125 ਵਿਦਿਆਰਥੀਆਂ ਨੇ ਅੱਜ ਮੁੱਖ ਮੰਤਰੀ ਦੀ ਮੁਹੱਬਤ ਦਾ ਨਿੱਘ ਮਾਣਿਆ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਤਿਉਹਾਰ ਦੇ ਸਤਿਕਾਰ ਵਜੋਂ ਇਨ੍ਹਾਂ ਵਿਦਿਆਰਥੀਆਂ ਦੀ ਮੇਜ਼ਬਾਨੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਵਿੱਚ ਹਾਲਾਤ ਛੇਤੀ ਸੁਧਰ ਜਾਣ ਦਾ ਵਿਸ਼ਵਾਸ ਹੈ। ਉਨ੍ਹਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫ਼ਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਨੇ ਕਿਹਾ, ‘‘ਬੇਸ਼ਕ ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।’’ ਕਵਿਦਿਆਰਥੀਆਂ ਨੇ ਕਿਹਾ ਕਿ ਉਹ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ, ਜਿੱਥੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ-ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। ਵਿਦਿਆਰਥੀ ਫੈਕ ਸਲੇਮ ਅਤੇ ਫਰਜ਼ਾਨਾ ਹਫ਼ੀਜ਼ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਵਿਦਿਆਰਥੀ ਅਬਦੁਲ ਆਜ਼ਾਦ ਵੱਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਟ ਕੀਤਾ ਗਿਆ।