ਚੰਡੀਗੜ੍ਹ,1 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪਿਆਜ਼ ਅਤੇ ਹੋਰਨਾਂ ਸਬਜ਼ੀਆਂ ਦੀਆਂ ਰੋਜ਼ਾਨਾ ਵੱਧ ਰਹੀ ਕੀਮਤਾਂ ਕਾਰਨ ਚੰਡੀਗੜ੍ਹ ਵਾਸੀ ਦੁਖੀ ਹਨ। ਇਸੇ ਕਾਰਨ ਚੰਡੀਗੜ੍ਹ ਕਾਂਗਰਸ ਨੇ ਅੱਜ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ਹੇਠ ਸੈਕਟਰ-26 ਦੀ ਸਬਜ਼ੀ ਮੰਡੀ ਵਿਚ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਗਲੇ ਵਿੱਚ ਪਿਆਜ਼, ਲਸਣ ਅਤੇ ਅਦਰਕ ਦੀ ਮਾਲਾ ਪਾ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਦੀਪ ਛਾਬੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਸ੍ਰੀ ਮੋਦੀ ਵੱਲੋਂ ਮੰਹਿਗਾਈ ਘਟਾਉਣ, ਜਮ੍ਹਾਂਖੋਰਾਂ ਅਤੇ ਕਾਲਾਬਾਜ਼ਾਰੀ ਕਰਨ ਵਾਲੀਆਂ ਨੂੰ ਜੇਲ੍ਹਾਂ ਵਿੱਚ ਡਕਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਨਿਤ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਤੇ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਕਿਰਨ ਖੇਰ ਤਾਂ ਚੋਣਾਂ ਜਿੱਤਣ ਤੋਂ ਬਾਅਦ ਨਜ਼ਰ ਹੀ ਨਹੀਂ ਆ ਰਹੀ ਜਦਕਿ ਉਨ੍ਹਾਂ ਨੂੰ ਵੀ ਮਹਿੰਗਾਈ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਇਸ ਮੌਕੇ ਸਾਬਕਾ ਮੇਅਰ ਸੁਭਾਸ਼ ਚਾਵਲਾ ਨੇ ਕਿਹਾ ਕਿ ਪਿਆਜ਼ ਰੋਜ਼ਾਨਾ ਵਰਤੋਂ ਵਾਲੀ ਚੀਜ਼ ਹੈ ਅਤੇ ਉਸ ਦੀਆਂ ਵੱਧਦੀਆਂ ਹੋਈਆਂ ਕੀਮਤਾਂ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁਝ ਦਿਨ ਪਹਿਲਾਂ ਪਿਆਜ਼ ਦੀਆਂ ਦੁਕਾਨਾਂ ਖੋਲ੍ਹ ਕੇ ਮਹਿਜ਼ ਦਿਖਾਵੇਬਾਜ਼ੀ ਹੀ ਕੀਤੀ ਗਈ ਸੀ। ਇਸੇ ਦੌਰਾਨ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਅਸ਼ਧੀਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਮੰਹਿਗਾਈ ’ਤੇ ਨੱਥ ਪਾਉਣ ਲਈ ਪੁਖ਼ਤਾ ਕਦਮ ਨਾ ਚੁੱਕੇ ਤਾਂ ਲੋਕ ਸਭਾ ਮੈਂਬਰ ਕਿਰਨ ਖੇਰ ਦੇ ਘਰ ਦੇ ਘਿਰਾਓ ਕੀਤਾ ਜਾਵੇਗਾ।